ਡੀ.ਸੀ. ਆਸ਼ਿਕਾ ਜੈਨ ਨੇ ਦਸਤ ਅਤੇ ਹੈਜ਼ੇ ਦੇ ਸੰਭਾਵੀ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਚੇਤ ਕੀਤਾ
ਅਗਾਊਂ ਬਚਾਅ ਲਈ ਪੀਣ ਵਾਲੇ ਪਾਣੀ ਦੇ ਨਮੂਨੇ ਅਤੇ ਕਲੋਰੀਨ ਟ੍ਰੀਟਮੈਂਟ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
ਐਸ.ਏ.ਐਸ.ਨਗਰ: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਦਸਤ, ਉਲਟੀਆਂ ਅਤੇ ਹੈਜ਼ੇ ਦੇ ਫੈਲਾਅ ਤੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ, ਉਨ੍ਹਾਂ ਨੂੰ ਜ਼ਿਲ੍ਹੇ ਵਿੱਚ ਇਸ ਦੀ ਅਗਾਊਂ ਰੋਕਥਾਮ ਵਜੋਂ ਪੀਣ ਵਾਲੇ ਪਾਣੀ ਦੇ ਸੈਂਪਲ ਲੈਣ ਤੋਂ ਇਲਾਵਾ ਜਲ ਸਪਲਾਈ ਚ ਕਲੋਰੀਨ ਟਰੀਟਮੈਂਟ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਪੇਂਡੂ ਵਿਕਾਸ ਅਤੇ ਪੰਚਾਇਤਾਂ, ਸ਼ਹਿਰੀ ਸਥਾਨਕ ਸਰਕਾਰਾਂ, ਸਿਹਤ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਸਮੇਤ ਵੱਖ-ਵੱਖ ਵਿਭਾਗਾਂ ਦੀ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਇਨ੍ਹਾਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ‘ਅਲਰਟ ਮੋਡ’ ‘ਤੇ ਰਹਿਣ ਲਈ ਕਿਹਾ।
ਸਿਵਲ ਸਰਜਨ ਨੂੰ ਹਦਾਇਤ ਕੀਤੀ ਗਈ ਕਿ ਪੀਣ ਵਾਲੇ ਪਾਣੀ ਦੇ ਸੈਂਪਲ ਲੈਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਜੇਕਰ ਸ਼ਹਿਰੀ/ਪੇਂਡੂ ਖੇਤਰ ਵਿੱਚ ਪੀਣ ਵਾਲੇ ਪਾਣੀ ਦਾ ਕੋਈ ਸੈਂਪਲ ਫੇਲ ਹੁੰਦਾ ਹੈ ਤਾਂ ਸਬੰਧਤ ਵਿਭਾਗ ਨੂੰ ਇਸ ਬਾਰੇ ਤੁਰੰਤ ਸੂਚਿਤ ਕੀਤਾ ਜਾਵੇ ਅਤੇ ਵਿਭਾਗ ਵੱਲੋਂ ਕੀਤੀ ਕਾਰਵਾਈ ਦੀ ਰਿਪੋਰਟ ਡੀ ਸੀ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਨੇ ਅੱਗੇ ਜ਼ੋਰ ਦਿੱਤਾ ਕਿ ਕਾਰਵਾਈ ਰਿਪੋਰਟ ਵਿੱਚ ਬਿਮਾਰੀ ਦੇ ਫੈਲਣ ਨੂੰ ਰੋਕਣ ਲਈ ਕੀਤੇ ਗਏ ਉਪਾਅ ਸ਼ਾਮਲ ਹੋਣੇ ਚਾਹੀਦੇ ਹਨ ਜਿਵੇਂ ਕਿ ਕਲੋਰੀਨ ਯੁਕਤ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਜਾਂ ਪਾਣੀ ਦਾ ਕੁਨੈਕਸ਼ਨ ਕੱਟਣਾ (ਕਿਸੇ ਵਿਸ਼ੇਸ਼ ਇਲਾਕੇ ਤੋਂ ਰਿਪੋਰਟ ਹੋਏ ਕੇਸਾਂ ਦੀ ਸਥਿਤੀ ਵਿੱਚ ਉਸ ਇਲਾਕੇ ਦੀ ਲਾਈਨ) ਤੋਂ ਇਲਾਵਾ ਪਾਣੀ ਦੀ ਸਪਲਾਈ ਦਾ ਬਦਲਵਾਂ ਤਰੀਕਾ (ਟੈਂਕਰ ਆਦਿ) ਨੂੰ ਯਕੀਨੀ ਬਣਾਉਣਾ।
ਇਸ ਤੋਂ ਇਲਾਵਾ ਹਸਪਤਾਲ ਵਿੱਚ ਹੈਜ਼ੇ ਨਾਲ ਸਬੰਧਤ ਕੇਸਾਂ ਲਈ ਦਵਾਈਆਂ ਅਤੇ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੀ ਹਦਾਇਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵੀ ਸ਼ਹਿਰ/ਪਿੰਡ ਖੇਤਰ ਵਿੱਚ ਹੈਜ਼ੇ ਦੇ ਅਜਿਹੇ ਕੇਸ ਸਾਹਮਣੇ ਆਉਂਦੇ ਹਨ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਸਿਹਤ ਵਿਭਾਗ ਨੂੰ ਲੋੜ ਅਨੁਸਾਰ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਲਈ ਅਗਾਊਂ ਕਾਰਜ ਯੋਜਨਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ, ਨਗਰ ਕੌਂਸਲਾਂ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਡਵੀਜ਼ਨ ਨੰਬਰ 2 ਅਤੇ 3 ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਸ਼ਹਿਰੀ/ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸਵੱਛ ਕਲੋਰੀਨ ਯੁਕਤ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਇਹ ਵੀ ਕਿਹਾ ਗਿਆ ਕਿ ਪੇਂਡੂ ਖੇਤਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਕਰਨਾ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ, ਡਵੀਜ਼ਨ ਨੰਬਰ 3 ਅਤੇ ਸਬੰਧਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਸਮੂਹਿਕ ਜ਼ਿੰਮੇਵਾਰੀ ਹੋਵੇਗੀ।
ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗ ਅਤੇ ਏਜੰਸੀਆਂ ਆਪਣੇ ਪੱਧਰ ‘ਤੇ ਪਾਣੀ ਦੇ ਸੈਂਪਲਾਂ ਦੀ 100 ਫੀਸਦੀ ਜਾਂਚ ਯਕੀਨੀ ਬਣਾਉਣ। ਵਿਭਾਗਾਂ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਲਗਾਤਾਰ ਚੈਕਿੰਗ ਕੀਤੀ ਜਾਵੇ, ਜਿੱਥੇ ਸੀਵਰ ਲਾਈਨ ਵਿੱਚ ਲੀਕੇਜ ਹੋਣ ਦੀ ਸੂਚਨਾ ਮਿਲਦੀ ਹੈ, ਉਸ ਦੀ ਤੁਰੰਤ ਮੁਰੰਮਤ ਕੀਤੀ ਜਾਵੇ। ਜਿਨ੍ਹਾਂ ਖੇਤਰਾਂ ਵਿੱਚ ਦੂਸ਼ਿਤ ਪਾਣੀ ਕਾਰਨ ਹੈਜ਼ੇ ਦੇ ਕੇਸ ਸਾਹਮਣੇ ਆਉਂਦੇ ਹਨ, ਉਨ੍ਹਾਂ ਖੇਤਰ ਵਿੱਚ ਪਾਣੀ ਦੀ ਸਪਲਾਈ ਤੁਰੰਤ ਬੰਦ ਕਰਕੇ ਕਲੋਰੀਨ ਵਾਲੇ ਪਾਣੀ ਦੀ ਸਪਲਾਈ ਦਾ ਬਦਲਵਾਂ ਪ੍ਰਬੰਧ ਕੀਤਾ ਜਾਵੇ ਅਤੇ ਸੁਪਰ ਕਲੋਰੀਨੇਸ਼ਨ ਤੋਂ ਬਾਅਦ ਸਿਹਤ ਵਿਭਾਗ ਦੇ ਸਹਿਯੋਗ ਨਾਲ ਪਾਣੀ ਦੇ ਦੁਬਾਰਾ ਸੈਂਪਲ ਲੈਣ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਬਣੀਆਂ ਪਾਣੀ ਦੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਈ ਜਾਵੇ ਤਾਂ ਜੋ ਅਜਿਹੇ ਫੈਲਾਅ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ, ਸਾਰੇ ਵਿਭਾਗਾਂ ਨੂੰ ਲੋਕਾਂ ਨੂੰ ਸੁਰੱਖਿਅਤ ਅਤੇ ਸਵੱਛ (ਤਰਜੀਹੀ ਤੌਰ ‘ਤੇ ਉਬਾਲੇ) ਪੀਣ ਵਾਲੇ ਪਾਣੀ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ ਗਿਆ।
ਮੀਟਿੰਗ ਵਿੱਚ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏ ਡੀ ਸੀ (ਦਿਹਾਤੀ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਨਗਰ ਨਿਗਮ ਕਮਿਸ਼ਨਰ ਨਵਜੋਤ ਕੌਰ, ਸਿਵਲ ਸਰਜਨ ਦਵਿੰਦਰ ਕੁਮਾਰ ਪੁਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਅਤੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਕਾਰੀ ਅਧਿਕਾਰੀ (ਈ ਓਜ਼) ਹਾਜ਼ਰ ਸਨ। (ਜ਼ਿਲ੍ਹਾ ਲੋਕ ਸੰਪਰਕ ਦਫਤਰ ਦੇ ਇਨਪੁਟ ਨਾਲ )
Comments are closed.