ਹਾੜੀ ਦੇ ਸੀਜ਼ਨ ਲਈ ਜ਼ਿਲ੍ਹੇ ਵਿੱਚ ਕਣਕ ਦੀ ਫ਼ਸਲ ਖ਼ਰੀਦ ਲਈ 17 ਕੇਂਦਰ ਸਥਾਪਤ
ਮੋਹਾਲੀ ਮੰਡੀਆਂ ਵਿੱਚ 130,708 ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ
ਡੀਸੀ ਆਸ਼ਿਕਾ ਜੈਨ ਨੇ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਸੁਣੀਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਖਰੀਦ ਏਜੰਸੀਆਂ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ
ਨਾਲ ਹਾੜੀ ਦੇ ਸੀਜ਼ਨ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਜ਼ਿਲ੍ਹੇ ਦੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਨਿਰਵਿਘਨ ਖਰੀਦ ਕਰਨ ਦਾ ਭਰੋਸਾ ਦਿਵਾਇਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹਾੜੀ ਦੇ ਸੀਜ਼ਨ ਲਈ 17 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਸ ਨਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 130,708 ਮੀਟਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਦੀ ਸਾਫ਼-ਸਫ਼ਾਈ, ਮੰਡੀਆਂ ਤੱਕ ਸੁਚਾਰੂ ਪਹੁੰਚ, ਖਰਾਬ ਮੌਸਮ ਦਾ ਸਾਹਮਣਾ ਕਰਨ ਲਈ ਤਰਪਾਲਾਂ ਦਾ ਪ੍ਰਬੰਧ, ਤੋਲਣ ਵਾਲੀਆਂ ਮਸ਼ੀਨਾਂ ਦੀ ਸਹੀ ਚੈਕਿੰਗ, ਫਲੱਡ ਲਾਈਟਾਂ, ਪੀਣ ਵਾਲੇ ਪਾਣੀ, ਆਵਾਜਾਈ ਅਤੇ ਸਟੋਰੇਜ ਆਦਿ ਵਰਗੇ ਸਾਰੇ ਪ੍ਰਬੰਧ ਕੀਤੇ ਜਾਣ।
ਮੀਟਿੰਗ ਵਿੱਚ ਬੁਲਾਏ ਗਏ ਜ਼ਿਲ੍ਹੇ ਦੇ ਆੜ੍ਹਤੀਆਂ (ਕਮਿਸ਼ਨ ਏਜੰਟ) ਦੀਆਂ ਸਮੱਸਿਆਵਾਂ ਨੂੰ ਸੁਣਦੇ ਹੋਏ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਕਿਹਾ ਕਿ ਆੜਤੀਆਂ ਵੱਲੋਂ ਜ਼ਿਲ੍ਹੇ ਦੀਆਂ ਕੁਝ ਮੰਡੀਆਂ ਵਿੱਚ ਥਾਂ ਦੀ ਕਿੱਲਤ ਦੇ ਜੋ ਮੁੱਦੇ ਉਠਾਏ ਗਏ ਉਹ ਸਮੇਂ ਸਿਰ ਨਿਪਟਾਰੇ ਲਈ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਭੇਜ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਆਮਦ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਪੁਲਿਸ ਨਾਲ ਵੀ ਤਾਲਮੇਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹਾਂ-ਪੱਖੀ ਹੱਲ ਕੀਤਾ ਜਾਵੇਗਾ ਤਾਂ ਜੋ ਖਰੀਦ ਸੀਜ਼ਨ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ, ਜ਼ਿਲ੍ਹਾ ਮੰਡੀ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਵਿਜੇ ਕੁਮਾਰ ਸਿੰਗਲਾ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੁਖੀ ਵੀ ਹਾਜ਼ਰ ਸਨ। (representative image-Google)
Comments are closed.